ਚੰਡੀਗੜ੍ਹ 'ਚ ਕੌਮੀ ਇਨਸਾਫ ਮੋਰਚੇ ਦੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਚੱਲੇ ਹੰਝੂ ਗੈਸ ਦੇ ਗੋਲੇ, ਮੋਰਚੇ ਨੇ ਅਗਲਾ ਐਲਾਨ ਕੀ ਕੀਤਾ?

ਵੀਡੀਓ ਕੈਪਸ਼ਨ, ਚੰਡੀਗੜ੍ਹ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਮੁਜ਼ਾਹਰਾਕਾਰੀਆਂ ਉੱਤੇ ਚੱਲੇ ਹੰਝੂ ਗੈਸ ਦੇ ਗੋਲੇ
ਚੰਡੀਗੜ੍ਹ 'ਚ ਕੌਮੀ ਇਨਸਾਫ ਮੋਰਚੇ ਦੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਚੱਲੇ ਹੰਝੂ ਗੈਸ ਦੇ ਗੋਲੇ, ਮੋਰਚੇ ਨੇ ਅਗਲਾ ਐਲਾਨ ਕੀ ਕੀਤਾ?
ਪ੍ਰਕਾਸ਼ਿਤ

ਸ਼ਨੀਵਾਰ ਨੂੰ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਵੱਲੋਂ ਚੰਡੀਗੜ੍ਹ ਸਥਿਤ ਗਵਰਨਰ ਹਾਊਸ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਨ੍ਹਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਵੱਲੋਂ ਵਾਟਰ ਕੈਨਨ ਅਤੇ ਹੰਝੂ ਗੈਸ ਦੇ ਗੋਲਿਆਂ ਦਾ ਇਸਤੇਮਾਲ ਕੀਤਾ ਗਿਆ।

ਬੀਬੀਸੀ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਦੀ ਰਿਪੋਰਟ ਮੁਤਾਬਕ ਮੁਹਾਲੀ ਦੇ ਵਾਈਪੀਐੱਸ ਚੌਂਕ ਤੋਂ ਕੌਮੀ ਇਨਸਾਫ ਮੋਰਚੇ ਨਾਲ ਜੁੜੇ ਪ੍ਰਦਰਸ਼ਨਕਾਰੀ ਇਕੱਠੇ ਹੋਏ ਅਤੇ ਜਿਵੇਂ ਉਨ੍ਹਾਂ ਵੱਲੋਂ ਚੰਡੀਗੜ੍ਹ ਦੀ ਹੱਦ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਗਈ ਤਾਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਛੱਡੀਆਂ ਗਈਆਂ ਅਤੇ ਹੰਝੂ ਗੈਸ ਦੇ ਗੋਲਿਆਂ ਦਾ ਇਸਤੇਮਾਲ ਕੀਤਾ ਗਿਆ।

ਮੁਜ਼ਾਹਰਾਕਾਰੀ

ਤਸਵੀਰ ਸਰੋਤ, ANI

ਤਸਵੀਰ ਕੈਪਸ਼ਨ, ਕੌਮੀ ਇਨਸਾਫ ਮੋਰਚਾ ਵੱਲੋਂ ਗਵਰਨਰ ਹਾਊਸ ਵੱਲ ਜਾਣ ਦਾ ਸੱਦਾ ਦਿੱਤਾ ਗਿਆ ਸੀ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰਾਹ ਵਿੱਚ ਰੋਕ ਲਿਆ

ਚੰਡੀਗੜ੍ਹ ਐੱਸਐੱਸਪੀ ਕੰਵਰਦੀਪ ਕੌਰ ਨੇ ਕਿਹਾ, "ਪਿਛਲੇ ਦੋ ਹਫ਼ਤਿਆਂ ਤੋਂ ਸਾਡੀ ਕੌਮੀ ਇਨਸਾਫ ਮੋਰਚੇ ਦੇ ਲੀਡਰਾਂ ਨਾਲ ਗੱਲਬਾਤ ਚੱਲ ਰਹੀ ਸੀ। ਉਨ੍ਹਾਂ ਵੱਲੋਂ ਪੰਜਾਬ ਲੋਕ ਭਵਨ ਤੱਕ ਮਾਰਚ ਕਰਨ ਦੀ ਮੰਗ ਕੀਤੀ ਗਈ ਸੀ ਅਤੇ ਅਸੀਂ ਉਨ੍ਹਾਂ ਨੂੰ ਸਪੱਸ਼ਟ ਕਰ ਦਿੱਤਾ ਸੀ ਕਿ ਲੋਕ ਭਵਨ ਤੱਕ ਮਾਰਚ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।"

"ਅੱਜ ਜਦੋਂ ਮੋਰਚੇ ਦੀ ਕਾਰਵਾਈ ਸ਼ੁਰੂ ਹੋਈ ਤਾਂ ਪ੍ਰਦਰਸ਼ਨਕਾਰੀਆਂ ਵੱਲੋਂ ਜਦੋਂ ਦੋ ਲੇਅਰ ਦੀ ਬੈਰੀਕੇਡਿੰਗ ਤੋੜ ਦਿੱਤੀ ਗਈ ਉਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਘੱਟੋ-ਘੱਟ ਫੋਰਸ ਦਾ ਇਸਤੇਮਾਲ ਕਰਦੇ ਹੋਏ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਅਜਿਹਾ ਕੋਈ ਤਰੀਕਾ ਇਸਤੇਮਾਲ ਨਹੀਂ ਹੋਇਆ ਜਿਸ ਨਾਲ ਪ੍ਰਦਰਸ਼ਨਕਾਰੀਆਂ ਨੂੰ ਕੋਈ ਨੁਕਸਾਨ ਪਹੁੰਚੇ। "

ਹਾਲਾਂਕਿ ਕੌਮੀ ਇਨਸਾਫ ਮੋਰਚੇ ਵੱਲੋਂ ਇਸ ਕਾਰਵਾਈ ਤੋਂ ਬਾਅਦ ਪ੍ਰੈਸ ਕਾਨਫਰੰਸ ਕਰ ਪ੍ਰਦਰਸ਼ਨ ਖ਼ਤਮ ਕਰਨ ਦੇ ਨਾਲ ਅਗਲੀ ਰਣਨੀਤੀ ਦਾ ਵੀ ਐਲਾਨ ਕਰ ਦਿੱਤਾ ਗਿਆ। ਕੌਮੀ ਇਨਸਾਫ ਮੋਰਚੇ ਵੱਲੋਂ ਹੁਣ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।

ਜਨਵਰੀ 2023 ਤੋਂ ਚੰਡੀਗੜ੍ਹ-ਮੁਹਾਲੀ ਬਾਰਡਰ ਉੱਤੇ ਕੌਮੀ ਇਨਸਾਫ ਮੋਰਚਾ ਲੱਗਿਆ ਹੋਇਆ ਹੈ ਜੋ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕਰ ਰਿਹਾ ਹੈ। ਹਾਲ ਹੀ ਵਿੱਚ ਬੇਅੰਤ ਸਿੰਘ ਕਤਲਕਾਂਡ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਉੱਠੀ ਮੰਗ ਤੋਂ ਬਾਅਦ ਮੋਰਚੇ ਨੇ ਵੀ ਉਨ੍ਹਾਂ ਨੂੰ ਪੈਰੋਲ ਦਿੱਤੇ ਜਾਣ ਦੀ ਮੰਗ ਦੋਹਰਾਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਜਗਤਾਰ ਸਿੰਘ ਹਵਾਰਾ ਦੀ 10 ਦਿਨ ਦੀ ਪੈਰੋਲ ਦੀ ਸਿਫਾਰਸ਼ ਕੀਤੀ ਗਈ ਹੈ।

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)