ਪਰਵਿੰਦਰ ਸਿੰਘ ਝੋਟਾ ਕੇਸ: ਮੁਲਜ਼ਮ ਅਸ਼ਵਨੀ ਆਖਰੀ ਕਾਲ ਕਿਸ ਨੂੰ ਕਰ ਰਿਹਾ ਸੀ, ਪੁਲਿਸ ਨੇ ਕੀ ਦੱਸਿਆ

ਪਰਵਿੰਦਰ ਸਿੰਘ ਝੋਟਾ
ਤਸਵੀਰ ਕੈਪਸ਼ਨ, ਮਾਨਸਾ ਦੇ ਬਾਜ਼ਾਰ ਵਿੱਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਨਸ਼ਿਆਂ ਵਿਰੋਧੀ ਕਾਰਕੁਨ ਵਜੋਂ ਜਾਣੇ ਜਾਂਦੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਕਰ ਦਿੱਤਾ ਗਿਆ
    • ਲੇਖਕ, ਹਰਮਨਦੀਪ ਸਿੰਘ
    • ਰੋਲ, ਬੀਬੀਸੀ ਪੱਤਰਕਾਰ
  • ਪ੍ਰਕਾਸ਼ਿਤ
  • ਪੜ੍ਹਨ ਦਾ ਸਮਾਂ: 8 ਮਿੰਟ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨਾਲ ਜੁੜੀਆਂ ਮੰਗਾਂ ਨੂੰ ਲੈ ਕੇ ਪਰਵਿੰਦਰ ਝੋਟਾ ਦੇ ਪਰਿਵਾਰ ਅਤੇ ਉਨ੍ਹਾਂ ਦੇ ਹਮਾਇਤੀਆਂ ਦਾ ਧਰਨਾ ਜਾਰੀ ਹੈ।

ਧਰਨੇ ਵਿੱਚ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ। ਕਈ ਲੋਕ ਵੱਖ-ਵੱਖ ਗਰੁੱਪਾਂ ਵਿੱਚ ਟਰੈਕਟਰ-ਟਰਾਲੀਆਂ ਵਿੱਚ ਲੰਗਰ ਦਾ ਸਾਮਾਨ ਲੈ ਕੇ ਪਹੁੰਚ ਰਹੇ ਹਨ। ਪੁਲਿਸ ਵੱਲੋਂ ਵੀ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ।

ਪਰਿਵਾਰ ਅਤੇ ਸਮਰਥਕਾਂ ਵੱਲੋਂ ਮਾਨਸਾ ਦੇ ਸਿਵਲ ਹਸਪਤਾਲ ਅਤੇ ਤਿੰਨਕੋਣੀ ਚੌਕ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ।

ਡੀਆਈਜੀ ਹਰਜੀਤ ਸਿੰਘ ਦਾ ਕਹਿਣਾ ਹੈ ਕਿ ਉਹ ਲਗਾਤਾਰ ਧਰਨੇ ਦੀ ਅਗਵਾਈ ਕਰਨ ਵਾਲੇ ਲੋਕਾਂ ਦੇ ਨਾਲ ਸੰਪਰਕ ਵਿੱਚ ਹਨ।

13 ਅਕਤੂਬਰ ਨੂੰ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦਾ ਇੱਕ ਕੈਮਿਸਟ ਦੀ ਦੁਕਾਨ ਉੱਤੇ, ਕਥਿਤ ਤੌਰ ਉੱਤੇ ਨਸ਼ੀਲੀ ਦਵਾਈਆਂ ਵੇਚਣ ਦਾ ਵਿਰੋਧ ਕਰਨ ਮਗਰੋਂ ਹੋਈ ਬਹਿਸਬਾਜ਼ੀ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਸੀ।

ਇਸ ਮਾਮਲੇ ਵਿੱਚ ਹੁਣ ਤੱਕ ਪੁਲਿਸ ਵੱਲੋਂ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਸਣੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਦੋ ਹੋਰ ਵਿਅਕਤੀਆਂ ਨੂੰ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ।

ਉੱਧਰ, ਪਰਵਿੰਦਰ ਸਿੰਘ ਝੋਟਾ ਦਾ ਪਰਿਵਾਰ ਆਪਣੀਆਂ ਮੰਗਾਂ 'ਤੇ ਅੜਿਆ ਹੋਇਆ ਹੈ ਅਤੇ ਮੰਗਾਂ ਮੰਨੇ ਜਾਣ ਤੱਕ ਸਸਕਾਰ ਨਾ ਕਰਨ ਦਾ ਐਲਾਨ ਕੀਤਾ ਹੈ।

ਇਸ ਸਿਲਸਿਲੇ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ।

ਪੰਜਾਬ ਬੰਦ ਦੇ ਸੱਦੇ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸਮੇਤ ਵੱਖ-ਵੱਖ ਜਥੇਬੰਦੀਆਂ ਵੱਲੋਂ ਸਮਰਥਨ ਕੀਤਾ ਗਿਆ ਸੀ।

ਹਾਲਾਂਕਿ, ਇਸ ਵਿਚਕਾਰ ਮਾਨਸਾ ਦੇ ਸਿਟੀ-2 ਐੱਸਐੱਚਓ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਬਠਿੰਡਾ ਰੇਂਜ ਦੇ ਡੀਆਈਜੀ ਹਰਜੀਤ ਸਿੰਘ ਨੇ ਦਿੱਤੀ।

ਅਸ਼ਵਨੀ ਦਾ ਸੱਤ ਦਿਨਾਂ ਦਾ ਰਿਮਾਂਡ, ਹੋਰ ਕਿਹੜੀਆਂ ਗ੍ਰਿਫ਼ਤਾਰੀਆਂ ਹੋਈਆਂ

ਐੱਸਐੱਸਪੀ ਵੈਭਵ ਚੌਧਰੀ
ਤਸਵੀਰ ਕੈਪਸ਼ਨ, ਐੱਸਐੱਸਪੀ ਵੈਭਵ ਚੌਧਰੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੀ ਪਤਨੀ ਨੀਲਮ ਦੀ ਵੀ ਇਸ ਵਾਰਦਾਤ ਵਿੱਚ ਭੂਮਿਕਾ ਸਾਹਮਣੇ ਆਈ ਹੈ

ਵੀਰਵਾਰ ਸ਼ਾਮ ਨੂੰ ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਸੱਤ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ।

ਇਸ ਦੇ ਨਾਲ ਹੀ ਅਸ਼ਵਨੀ ਦੀ ਪਤਨੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਉਨ੍ਹਾਂ ਨੇ ਕਿਹਾ, "ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਅਸ਼ਵਨੀ ਦੀ ਪਤਨੀ ਨੀਲਮ ਅਤੇ ਵਿਪਨ ਗਰਗ ਦੀ ਵੀ ਇਸ ਵਾਰਦਾਤ ਵਿੱਚ ਭੂਮਿਕਾ ਸੀ। ਵਿਪਨ ਗਰਗ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਦਾ ਸੱਤ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਨੀਲਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੀ ਪੁਲਿਸ ਸਫ਼ਲ ਰਹੀ ਹੈ।"

"ਅਸ਼ਵਨੀ ਨੂੰ ਰਾਜਸਥਾਨ ਤੋਂ ਕਾਬੂ ਕੀਤਾ ਗਿਆ। ਉਹ ਕਾਫ਼ੀ ਚਲਾਕੀ ਨਾਲ ਕੰਮ ਕਰ ਰਿਹਾ ਸੀ। ਵਾਰਦਾਤ ਤੋਂ ਬਾਅਦ ਉਸ ਨੇ ਆਪਣਾ ਫ਼ੋਨ ਬੰਦ ਕਰ ਦਿੱਤਾ ਸੀ, ਪਰ ਮਨੁੱਖੀ ਸੂਚਨਾ ਦੀ ਮਦਦ ਨਾਲ ਅਸੀਂ ਉਸ ਨੂੰ ਰਾਜਸਥਾਨ ਵਿੱਚ ਟਰੇਸ ਕਰ ਲਿਆ।"

"ਵਾਰਦਾਤ ਤੋਂ ਬਾਅਦ ਲਾਡੀ ਨਾਮ ਦੇ ਵਿਅਕਤੀ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਪਨ ਗਰਗ ਨੇ ਅਸ਼ਵਨੀ ਨੂੰ ਫ਼ਰਾਰ ਹੋਣ ਵਿੱਚ ਮਦਦ ਕੀਤੀ ਅਤੇ ਉਸ ਨੂੰ ਸਹਾਇਤਾ ਮੁਹੱਈਆ ਕਰਵਾਈ।"

ਐੱਸਐੱਸਪੀ ਨੇ ਅੱਗੇ ਕਿਹਾ, "ਉਸ ਦੀ ਪਤਨੀ ਨੂੰ ਉਸ ਦੀ ਮੰਸ਼ਾ ਅਤੇ ਸੋਚ ਬਾਰੇ ਜਾਣਕਾਰੀ ਸੀ। ਉਸ ਨੇ ਇਸ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਨਹੀਂ ਕੀਤਾ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਨੀਲਮ ਰਾਣੀ ਦੀ ਵੀ ਇਸ ਮਾਮਲੇ ਵਿੱਚ ਭੂਮਿਕਾ ਸੀ।"

"ਦੋਵਾਂ ਵਿਚਕਾਰ ਪੁਰਾਣਾ ਵਿਵਾਦ ਰਿਹਾ ਹੈ, ਜਿਸ ਬਾਰੇ ਲੋਕ ਜਾਣਦੇ ਹਨ। ਇਸ ਪਿਛੋਕੜ ਕਾਰਨ ਉਹ ਮਾਨਸਿਕ ਤੌਰ 'ਤੇ ਪਰੇਸ਼ਾਨ ਸੀ ਅਤੇ ਆਪਣੇ ਪਰਿਵਾਰ ਨਾਲ ਇਸ ਬਾਰੇ ਗੱਲਬਾਤ ਕਰਦਾ ਸੀ। ਇਸੇ ਕਰਕੇ ਉਸ ਨੇ ਆਪਣੀ ਪਤਨੀ ਨੂੰ ਵੀ ਘਟਨਾ ਬਾਰੇ ਪਹਿਲਾਂ ਦੱਸ ਦਿੱਤਾ ਸੀ।"

ਡੀਆਈਜੀ ਬਠਿੰਡਾ ਹੋਰ ਕੀ ਦੱਸਿਆ

ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ
ਤਸਵੀਰ ਕੈਪਸ਼ਨ, ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ ਮੁਤਾਬਕ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ

ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ ਨੇ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਦੋ ਹੋਰ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ।

ਜਦੋਂ ਡੀਆਈਜੀ ਹਰਜੀਤ ਸਿੰਘ ਨੂੰ ਵਾਰਦਾਤ ਵਿੱਚ ਇਸਤੇਮਾਲ ਹੋਏ ਕੈਮਿਸਟ ਦੀ ਦੁਕਾਨ ਦੇ ਲਾਇਸੈਂਸ ਬਾਰੇ ਪੁੱਛਿਆ ਤਾਂ ਉਨ੍ਹਾਂ ਦੱਸਿਆ, "ਅਜੇ ਜਾਂਚ ਚੱਲ ਰਹੀ ਹੈ, ਜੇਕਰ ਕੈਮਿਸਟ ਦੀ ਦੁਕਾਨ ਦਾ ਲਾਇਸੈਂਸ ਮੁਲਜ਼ਮ ਦੀ ਪਤਨੀ ਦੇ ਨਾਂ 'ਤੇ ਨਿਕਲਿਆ ਤਾਂ ਉਨ੍ਹਾਂ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕਰਨ ਬਾਰੇ ਕਾਰਵਾਈ ਕੀਤੀ ਜਾ ਸਕਦੀ ਹੈ।"

ਬੀਤੇ ਦਿਨੀਂ, ਗੁੱਸੇ ਵਿੱਚ ਆਏ ਲੋਕਾਂ ਨੇ ਮੁਲਜ਼ਮ ਅਸ਼ਵਨੀ ਕੁਮਾਰ ਦੇ ਮੈਡੀਕਲ ਸਟੋਰ ਨੂੰ ਅੱਗ ਲਗਾ ਦਿੱਤੀ
ਤਸਵੀਰ ਕੈਪਸ਼ਨ, ਬੀਤੇ ਦਿਨੀਂ, ਗੁੱਸੇ ਵਿੱਚ ਆਏ ਲੋਕਾਂ ਨੇ ਮੁਲਜ਼ਮ ਅਸ਼ਵਨੀ ਕੁਮਾਰ ਦੇ ਮੈਡੀਕਲ ਸਟੋਰ ਨੂੰ ਅੱਗ ਲਗਾ ਦਿੱਤੀ

ਡੀਆਈਜੀ ਹਰਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਨਾਲ ਸਬੰਧਤ ਕੁਝ ਵੇਰਵੇ ਫਿਲਹਾਲ ਜਨਤਕ ਨਹੀਂ ਕੀਤੇ ਜਾ ਸਕਦੇ।

ਇਸ ਮਾਮਲੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਮੁਅੱਤਲੀ ਬਾਰੇ ਡੀਆਈਜੀ ਹਰਜੀਤ ਸਿੰਘ ਨੂੰ ਪੁੱਛਿਆ ਤਾਂ ਉਨ੍ਹਾਂ ਕਿਹਾ, "ਕੁਝ ਵਿਅਕਤੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਤਹਿਤ ਮੁਅੱਤਲੀ ਕੀਤੀ ਗਈ ਹੈ, ਪਰ ਇਹ ਕਾਰਵਾਈ ਕਤਲ ਮਾਮਲੇ ਦੀ ਜਾਂਚ ਤੋਂ ਵੱਖਰੀ ਹੈ।”

ਬੁੱਧਵਾਰ ਨੂੰ ਪ੍ਰਸ਼ਾਸਨ ਵੱਲੋਂ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦਾ ਘਰ ਤੇ ਦੁਕਾਨ ਢਾਹ ਦਿੱਤੀ ਗਈ ਸੀ। ਮੌਕਾ-ਏ-ਵਾਰਦਾਤ ਦੀ ਅਹਿਮ ਇਮਾਰਤ ਨੂੰ ਢਾਹੁਣ ਬਾਰੇ ਹਰਜੀਤ ਸਿੰਘ ਨੇ ਕਿਹਾ, “ਪ੍ਰਸ਼ਾਸਨ ਵੱਲੋਂ ਢਾਹੀ ਗਈ ਉਸਾਰੀ ਸਬੰਧੀ ਵੀਡੀਓਗ੍ਰਾਫ਼ੀ ਵੀ ਹੈ। ਇਹ ਕਾਰਵਾਈ ਪ੍ਰਸ਼ਾਸਨ ਵੱਲੋਂ ਕੀਤੀ ਗਈ ਸੀ। ਇਸ ਵਿੱਚ ਕੁਝ ਵੀ ਗ਼ੈਰ-ਕਾਨੂੰਨੀ ਨਹੀਂ ਹੈ। ਪੁਲਿਸ ਕੋਲ ਹਥਿਆਰ ਜ਼ਬਤ ਕਰਨ ਅਤੇ ਫੋਰੈਂਸਿਕ ਜਾਂਚ ਨਾਲ ਸਬੰਧਤ ਸਬੂਤ ਮੌਜੂਦ ਹਨ।"

ਵੀਡੀਓ ਕੈਪਸ਼ਨ, ਪਰਵਿੰਦਰ ਝੋਟੇ ਦੇ ਹੱਕ ’ਚ ਮਾਨਸਾ ਧਰਨੇ ’ਚ ਟਰਾਲੀਆਂ ਲੈ ਕੇ ਪਹੁੰਚੇ ਲੋਕ, ਲਾਉਣ ਲੱਗੇ ਲੰਗਰ

ਇਸ ਤੋਂ ਇਲਾਵਾ ਉਨ੍ਹਾਂ ਅਫ਼ਵਾਹਾਂ ਨੂੰ ਲੈ ਕੇ ਕਿਹਾ, "ਮੈਂ ਪਹਿਲਾਂ ਵੀ ਦੱਸਿਆ ਸੀ ਕਿ ਲੋਕ ਕਈ ਤਰ੍ਹਾਂ ਦੀਆਂ ਅਫ਼ਵਾਹਾਂ ਫੈਲਾਉਂਦੇ ਹਨ। ਜਿਵੇਂ ਕੱਲ੍ਹ ਇਹ ਅਫ਼ਵਾਹ ਫੈਲੀ ਸੀ ਕਿ ਮੁਲਜ਼ਮ ਦਾ ਕਿਸੇ ਹੋਰ ਕਾਲੋਨੀ ਵਿੱਚ ਵੀ ਮਕਾਨ ਹੈ। ਇਸੇ ਤਰ੍ਹਾਂ ਇੱਥੇ ਵੀ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਪੁਲਿਸ ਜ਼ੋਰ-ਜਬਰਦਸਤੀ ਨਾਲ ਕੋਈ ਕਾਰਵਾਈ ਕਰੇਗੀ। ਅਸੀਂ ਅਜਿਹਾ ਕੁਝ ਨਹੀਂ ਕਰਨ ਜਾ ਰਹੇ। ਅਸੀਂ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਕੋਈ ਕਾਰਵਾਈ ਨਹੀਂ ਕਰ ਰਹੇ।"

ਉਨ੍ਹਾਂ ਮੁਤਾਬਕ, ਇਸ ਮਾਮਲੇ ਵਿੱਚ ਪਰਿਵਾਰ ਅਤੇ ਕਮੇਟੀ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।

ਜਦੋਂ ਡੀਆਈਜੀ ਹਰਜੀਤ ਨੂੰ ਪੁੱਛਿਆ ਗਿਆ ਕਿ ਮੁਲਜ਼ਮ ਅਸ਼ਵਨੀ ਵਾਰਦਾਤ ਤੋਂ ਪਹਿਲਾਂ ਆਖਰੀ ਕਾਲ ਕਿਸ ਨੂੰ ਕਰ ਰਿਹਾ ਸੀ ਤਾਂ ਉਨ੍ਹਾਂ ਕਿਹਾ, ਵਾਰਦਾਤ ਦੀ ਘਟਨਾ ਵਾਲੇ ਵੀਡੀਓ ਵਿੱਚ ਜੋ ਕਾਲ ਹੁੰਦੀ ਦਿਖਾਈ ਦੇ ਰਹੀ ਸੀ, ਉਹ ਮੁਲਜ਼ਮ ਅਸ਼ਵਨੀ ਆਪਣੇ ਘਰ ਕਾਲ ਕਰ ਰਿਹਾ ਸੀ।”

ਜਦੋਂ ਕਿਸੇ ਪੱਤਰਕਾਰ ਨੇ ਪੁੱਛਿਆ ਕਿ, ਕੀ ਇਸ ਕਾਲ ਦੀ ਜਾਂਚ ਓਪਨਲੀ ਕੀਤੀ ਜਾਵੇਗੀ ਤਾਂ ਉਨ੍ਹਾਂ ਕਿਹਾ, “ਅਜਿਹੀ ਜਾਂਚ ਪੁਲਿਸ ਦੇ ਤਰੀਕੇ ਦੇ ਹਿਸਾਬ ਨਾਲ ਕੀਤੀ ਜਾਂਦੀ ਹੈ। ਇੱਕ ਪੁਲਿਸ ਅਫਸਰ ਹਰ ਪਹਿਲੂ ਨਾਲ ਚੀਜ਼ਾਂ ਦੀ ਜਾਂਚ ਕਰਦਾ ਹੈ । ਆਮ ਬੰਦਾ ਸਿਰਫ ਨੈਤਿਕਤਾ ਬਾਰੇ ਹੀ ਗੱਲ ਕਰਦਾ ਹੈ।”

ਪਰਿਵਾਰ ਦੀਆਂ ਕੀ ਹਨ ਮੰਗਾਂ?

ਪਰਿਵਾਰ ਅਤੇ ਸਮਰਥਕ ਮਾਨਸਾ ਵਿੱਚ ਧਰਨੇ 'ਤੇ ਬੈਠ ਗਏ ਹਨ ਅਤੇ ਮੰਗਾਂ ਨਾ ਮੰਨੇ ਜਾਣ ਤੱਕ ਧਰਨਾ ਲਾਈ ਰੱਖਣ ਦਾ ਐਲਾਨ ਕੀਤਾ ਹੈ
ਤਸਵੀਰ ਕੈਪਸ਼ਨ, ਪਰਿਵਾਰ ਅਤੇ ਸਮਰਥਕ ਮਾਨਸਾ ਵਿੱਚ ਧਰਨੇ 'ਤੇ ਬੈਠ ਗਏ ਹਨ ਅਤੇ ਮੰਗਾਂ ਨਾ ਮੰਨੇ ਜਾਣ ਤੱਕ ਧਰਨਾ ਲਾਈ ਰੱਖਣ ਦਾ ਐਲਾਨ ਕੀਤਾ ਹੈ

ਮ੍ਰਿਤਕ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਘਟਨਾ ਤੋਂ ਬਾਅਦ ਰੋਸ ਜ਼ਾਹਿਰ ਕਰਦਿਆਂ 'ਅਸਫਲ' ਪੰਜਾਬ ਸਰਕਾਰ ਦੀ ਬਰਖ਼ਾਸਤਗੀ ਦੀ ਮੰਗ ਕੀਤੀ ਹੈ ਅਤੇ ਮੰਗਾਂ ਨਾ ਮੰਨੇ ਜਾਣ ਤੱਕ ਸਸਕਾਰ ਤੋਂ ਇਨਕਾਰ ਕੀਤਾ ਹੈ। ਜਾਣਕਾਰੀ ਮੁਤਾਬਕ, ਪਰਿਵਾਰ ਦੀਆਂ ਮੰਗਾਂ ਇਹ ਹਨ:

  • ਕਤਲ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇ
  • ਮੁੱਖ ਮੰਤਰੀ ਅਤੇ ਪੰਜਾਬ ਪੁਲਿਸ ਦੇ ਡੀਜੀਪੀ ਨੂੰ ਮੁਅੱਤਲ ਕੀਤਾ ਜਾਵੇ
  • ਡਾਕਟਰਾਂ ਦਾ ਪੈਨਲ ਬਣਾ ਕੇ ਪੀਜੀਆਈ ਤੋਂ ਪੋਸਟਮਾਰਟਮ ਕਰਵਾਇਆ ਜਾਵੇ
  • ਜ਼ਿਲ੍ਹੇ ਦੇ ਕਈ ਪੁਲਿਸ ਅਧਿਕਾਰੀਆਂ ਅਤੇ ਸਿਹਤ ਵਿਭਾਗ ਦੀ ਟੀਮ ਨੂੰ ਬਰਖਾਸਤ ਕੀਤਾ ਜਾਵੇ
  • ਪਰੀ-ਗੈਬਲਿਨ ਯਾਨੀ ਸਿਗਨੇਚਰ ਕੈਪਸੂਲ ਨੂੰ ਐੱਨਡੀਪੀਐੱਸ ਦੇ ਅਧੀਨ ਲਿਆਂਦਾ ਜਾਵੇ

ਮੰਗਾਂ ਨਾ ਮੰਨੇ ਜਾਣ ਤੱਕ ਮਾਨਸਾ ਵਿੱਚ ਲੱਗਿਆ ਧਰਨਾ ਜਾਰੀ ਰੱਖਣ ਦੀ ਗੱਲ ਕਹੀ ਗਈ ਹੈ।

ਸੁਨਾਮ-ਬਠਿੰਡਾ ਸੜਕ ਵੀ ਲੋਕਾਂ ਵੱਲੋਂ ਜਾਮ ਕਰ ਦਿੱਤੀ ਹੈ
ਤਸਵੀਰ ਕੈਪਸ਼ਨ, ਸੁਨਾਮ-ਬਠਿੰਡਾ ਸੜਕ ਵੀ ਲੋਕਾਂ ਵੱਲੋਂ ਜਾਮ ਕਰ ਦਿੱਤੀ ਹੈ

ਮਾਨਸਾ ਦੇ ਸਿਟੀ-2 ਐੱਸਐੱਚਓ ਮੁਅੱਤਲ

ਇਸ ਵਿਚਕਾਰ ਮਾਨਸਾ ਦੇ ਸਿਟੀ-2 ਐੱਸਐੱਚਓ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਬੀਬੀਸੀ ਸਹਿਯੋਗੀ ਚਰਨਜੀਵ ਕੌਸ਼ਲ ਦੀ ਰਿਪੋਰਟ ਮੁਤਾਬਕ, ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਦੋ ਦਿਨ ਬਾਅਦ, ਪ੍ਰਦਰਸ਼ਨਕਾਰੀਆਂ ਦੇ ਭਾਰੀ ਰੋਹ ਨੂੰ ਦੇਖਦਿਆਂ ਮਾਨਸਾ ਸਿਟੀ-2 ਦੇ ਐੱਸਐੱਚਓ ਬੇਅੰਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਪ੍ਰਦਰਸ਼ਨਕਾਰੀਆਂ ਵੱਲੋਂ ਉਨ੍ਹਾਂ 'ਤੇ ਇਲਾਕੇ ਵਿੱਚ ਨਸ਼ਿਆਂ ਨੂੰ ਰੋਕਣ ਵਿੱਚ ਅਸਫ਼ਲ ਰਹਿਣ ਦੇ ਗੰਭੀਰ ਇਲਜ਼ਾਮ ਲਗਾਏ ਜਾ ਰਹੇ ਸਨ।

ਕਿਵੇਂ ਹੋਇਆ ਪਰਵਿੰਦਰ ਸਿੰਘ ਝੋਟਾ ਦਾ ਕਤਲ?

ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਅਤੇ ਸਮਰਥਕ ਮਾਨਸਾ ਵਿੱਚ ਧਰਨੇ 'ਤੇ ਬੈਠ ਗਏ ਹਨ
ਤਸਵੀਰ ਕੈਪਸ਼ਨ, ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਅਤੇ ਸਮਰਥਕ ਮਾਨਸਾ ਵਿੱਚ ਧਰਨੇ 'ਤੇ ਬੈਠ ਗਏ ਹਨ

ਮੰਗਲਵਾਰ ਨੂੰ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਜਿਸ ਵਿੱਚ ਪਰਵਿੰਦਰ ਸਿੰਘ ਝੋਟਾ ਅਤੇ ਇੱਕ ਮੈਡੀਕਲ ਸਟੋਰ ਦੇ ਮਾਲਿਕ ਦੀ ਮੈਡੀਕਲ ਸਟੋਰ ਅੰਦਰ ਨਸ਼ਾ ਵੇਚਣ ਦੇ ਇਲਜ਼ਾਮ ਬਾਰੇ ਬਹਿਸ ਹੋ ਰਹੀ ਹੈ।

ਵੀਡੀਓ ਵਿੱਚ ਪਰਵਿੰਦਰ ਸਿੰਘ ਝੋਟਾ ਮੈਡੀਕਲ ਸਟੋਰ ਦੇ ਮਾਲਿਕ ਅਸ਼ਵਨੀ ਨਾਮ ਦੇ ਵਿਅਕਤੀ ਖਿਲਾਫ਼ ਪੁਲਿਸ ਨੂੰ ਫੋਨ ਕਰਨ ਦੀ ਗੱਲ ਕਹਿ ਰਹੇ ਹਨ।

ਵੀਡੀਓ ਵਿੱਚ ਅਸ਼ਵਨੀ ਕੋਲ ਪਿਸਤੌਲ ਹੋਣ ਦੀ ਗੱਲ ਵੀ ਕਹੀ ਜਾ ਰਹੀ ਹੈ ਜਿਸ ਵਿੱਚ ਝੋਟਾ, ਦੁਕਾਨ ਮਾਲਿਕ ਨੂੰ ਪਿਸਤੌਲ ਨਾਲ ਫਾਇਰ ਕਰਨ ਲਈ ਲਲਕਾਰਦੇ ਵੀ ਸੁਣਾਈ ਦੇ ਰਹੇ ਹਨ।

ਪਰਵਿੰਦਰ ਸਿੰਘ ਝੋਟਾ ਫ਼ਰੀ-ਸਟਾਈਲ ਕਬੱਡੀ ਖਿਡਾਰੀ ਰਹੇ ਸਨ ਅਤੇ ਉਨ੍ਹਾਂ ਨੇ ਕਥਿਤ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਈ ਆਪਣਾ ਸੰਗਠਨ ਬਣਾਇਆ ਸੀ
ਤਸਵੀਰ ਕੈਪਸ਼ਨ, ਪਰਵਿੰਦਰ ਸਿੰਘ ਝੋਟਾ ਫ਼ਰੀ-ਸਟਾਈਲ ਕਬੱਡੀ ਖਿਡਾਰੀ ਰਹੇ ਸਨ ਅਤੇ ਉਨ੍ਹਾਂ ਨੇ ਕਥਿਤ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਈ ਆਪਣਾ ਸੰਗਠਨ ਬਣਾਇਆ ਸੀ

ਕੁਝ ਸਮੇਂ ਬਾਅਦ ਫਾਇਰ ਹੁੰਦਾ ਹੈ ਜੋ ਕਿ ਪਰਵਿੰਦਰ ਸਿੰਘ ਝੋਟਾ ਨੂੰ ਲੱਗਦਾ ਹੈ। ਉਹ ਮੈਡੀਕਲ ਸਟੋਰ ਤੋਂ ਬਾਹਰ ਹੋ ਕੇ ਕਿਸੇ ਹੋਰ ਦੁਕਾਨ ਵਿੱਚ ਲੁਕਣ ਲਈ ਜਾਂਦੇ ਹਨ। ਇੱਕ ਹੋਰ ਵੀਡੀਓ ਵਿਚ ਦਿਖਾਈ ਦਿੰਦਾ ਹੈ ਕਿ ਅਸ਼ਵਨੀ ਨਾਮ ਦਾ ਵਿਅਕਤੀ ਹੱਥ ਵਿੱਚ ਪਿਸਤੌਲ ਲੈ ਕੇ ਬਜ਼ਾਰ ਵਿੱਚ ਪਿੱਛੇ ਜਾਂਦਾ ਹੈ। ਇੱਕ ਹੋਰ ਫਾਇਰ ਹੋਣ ਦੀ ਅਵਾਜ਼ ਇਸ ਵੀਡੀਓ ਵਿਚ ਸੁਣਾਈ ਦਿੰਦੀ ਹੈ ਅਤੇ ਫਿਰ ਉਹ ਸ਼ਖਸ ਪਿਸਤੌਲ ਲੈ ਕੇ ਵਾਪਸ ਸਟੋਰ ਵੱਲ ਮੁੜ ਜਾਂਦਾ ਹੈ।

ਜਾਣਕਾਰੀ ਮੁਤਾਬਕ, ਜ਼ਖਮੀ ਹਾਲਤ ਵਿਚ ਪਰਵਿੰਦਰ ਸਿੰਘ ਝੋਟਾ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ। ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਦੱਸ ਦੇਈਏ ਕਿ ਪਰਵਿੰਦਰ ਸਿੰਘ ਝੋਟਾ ਦੱਖਣੀ ਪੰਜਾਬ ਦੇ ਸ਼ਹਿਰ ਮਾਨਸਾ ਦਾ ਰਹਿਣ ਵਾਲੇ ਸਨ। ਉਹ ਫ਼ਰੀ ਸਟਾਈਲ ਕਬੱਡੀ ਖਿਡਾਰੀ ਵੀ ਰਹੇ।

ਉਹ 'ਐਂਟੀ ਡਰੱਗ ਟਾਸਕ ਫੋਰਸ' ਬਣਾਉਣ ਨਾਲ ਕੁਝ ਸਾਲ ਪਹਿਲਾਂ ਚਰਚਾ ਵਿਚ ਆਏ ਸਨ, ਜਦੋਂ ਆਪਣਾ ਸੰਗਠਨ ਬਣਾ ਕੇ ਕਥਿਤ ਨਸ਼ਾ ਵੇਚਣ ਵਾਲਿਆਂ ਨੂੰ ਪੁਲਿਸ ਹਵਾਲੇ ਕਰਨਾ ਸ਼ੁਰੂ ਕੀਤਾ ਸੀ। ਉਨ੍ਹਾਂ ਦੇ ਖ਼ਿਲਾਫ਼ ਕਈ ਮਾਮਲੇ ਵੀ ਦਰਜ ਕੀਤੇ ਗਏ ਸਨ ਤੇ ਸਜ਼ਾ ਵੀ ਦਿੱਤੀ ਜਾ ਚੁੱਕੀ ਹੈ। ਪਰ ਨਾਲ ਹੀ ਕਈ ਮਾਮਲਿਆਂ ਵਿਚ ਉਸ ਨੂੰ ਬਰੀ ਵੀ ਕੀਤਾ ਗਿਆ ਸੀ।

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)