ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ 'ਚ ਪੰਜਾਬ ਬੰਦ, ਕਈ ਥਾਈਂ ਹਾਈਵੇਅ ਜਾਮ, ਹੁਣ ਤੱਕ ਕੀ ਕੁਝ ਹੋਇਆ

ਤਸਵੀਰ ਸਰੋਤ, Harmandeep Singh/BBC
ਪਰਵਿੰਦਰ ਸਿੰਘ ਝੋਟਾ ਕਤਲ ਕੇਸ ਦੇ ਸਬੰਧ ਵਿੱਚ ਅੱਜ ਵੱਖ-ਵੱਖ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਬੰਦ ਦੇ ਇਸ ਸੱਦੇ ਨੂੰ ਕੁਝ ਸਿਆਸੀ ਆਗੂਆਂ ਵੱਲੋਂ ਵੀ ਸਮਰਥਨ ਮਿਲਿਆ ਹੈ।
ਵੱਖ-ਵੱਖ ਥਾਵਾਂ 'ਤੇ ਬੰਦ ਦਾ ਅਸਰ ਨਜ਼ਰ ਆ ਰਿਹਾ ਹੈ। ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਅਗਵਾਈ ਹੇਠ ਸਥਾਨਕ ਲੋਕਾਂ ਨੇ ਕੋਟ ਸ਼ਮੀਰ ਪਿੰਡ ਨੇੜੇ ਸੁਨਾਮ-ਬਠਿੰਡਾ ਸੜਕ ਜਾਮ ਕਰ ਦਿੱਤੀ ਹੈ।
ਜਦਕਿ ਅੰਮ੍ਰਿਤਸਰ ਵਿਖੇ, ਕਿਸਾਨ ਜਥੇਬੰਦੀਆਂ ਨੇ ਭਗਵੰਤ ਮਾਨ ਖ਼ਿਲਾਫ਼ ਜੰਮ ਕੇ ਰੋਸ-ਮੁਜ਼ਾਹਰਾ ਕੀਤਾ।
ਬੀਤੇ ਮੰਗਲਵਾਰ ਨੂੰ ਮਾਨਸਾ ਦੇ ਬਜ਼ਾਰ ਵਿੱਚ ਸ਼ਰੇਆਮ ਗੋਲੀਆਂ ਚਲਾ ਕੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਕਰ ਦਿੱਤਾ ਗਿਆ ਸੀ ਜਦਕਿ ਚਾਰ ਹੋਰ ਲੋਕ ਜ਼ਖਮੀ ਹੋ ਗਏ ਸਨ।
ਕਤਲ ਦਾ ਇਲਜ਼ਾਮ ਮਾਨਸਾ ਦੇ ਹੀ ਇੱਕ ਮੈਡੀਕਲ ਸਟੋਰ ਦੇ ਮਾਲਿਕ 'ਤੇ ਲੱਗਿਆ ਹੈ, ਜਿਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਤਸਵੀਰ ਸਰੋਤ, Ravinder Singh Robin/BBC
ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਨਾਲ ਅੰਮ੍ਰਿਤਸਰ ਵਿੱਚ ਗੱਲ ਕਰਦਿਆਂ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ, ''ਪੰਜਾਬ ਬੰਦ ਦੇ ਸੱਦੇ ਨੂੰ ਪੂਰਾ ਸਮਰਥਨ ਦੇ ਰਹੇ ਹਾਂ। ਅਸੀਂ ਐਮਰਜੈਂਸੀ ਸੇਵਾਵਾਂ ਬੰਦ ਰੱਖਾਂਗੇ ਅਤੇ ਅਰਥੀ ਫੂਕ ਮੁਜ਼ਾਹਰੇ ਤੋਂ ਬਾਅਦ ਸ਼ਹਿਰ 'ਚ ਮਾਰਚ ਕੱਢਾਂਗੇ।''
ਉਨ੍ਹਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ''ਨੈਤਿਕਤਾ ਦੇ ਆਧਾਰ 'ਤੇ ਭਗਵੰਤ ਮਾਨ ਅਸਤੀਫ਼ਾ ਦੇਣ ਅਤੇ ਡੀਜੀਪੀ ਆਪਣਾ ਅਹੁਦਾ ਛੱਡਣ ਤੇ ਨਸ਼ਾ ਮਾਫੀਆ ਨੂੰ ਨੱਥ ਪਾਈ ਜਾਵੇ।''

ਬੰਦ ਦੇ ਹਾਲਾਤਾਂ 'ਤੇ ਨਜ਼ਰ ਰੱਖਦੇ ਹੋਏ ਬੀਬੀਸੀ ਪੱਤਰਕਾਰ ਹਰਮਨਦੀਪ ਸਿੰਘ ਅਤੇ ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੌਬਿਨ, ਚਰਨਜੀਵ ਕੌਸ਼ਲ, ਕੁਲਵੀਰ ਸਿੰਘ, ਨਵਕਿਰਨ, ਮਨੋਜ ਸ਼ਰਮਾ, ਪ੍ਰਦੀਪ ਪੰਡਿਤ, ਗੁਰਵਿੰਦਰ ਗਰੇਵਾਲ, ਅਤੇ ਗੁਰਪੀਤ ਸਿੰਘ ਵੱਖ-ਵੱਖ ਸ਼ਹਿਰਾਂ ਤੋਂ ਰਿਪੋਰਟ ਕਰ ਰਹੇ ਹਨ।
ਕਿੱਥੇ-ਕਿੱਥੇ ਨਜ਼ਰ ਆ ਰਿਹਾ ਬੰਦ ਦਾ ਅਸਰ

ਤਸਵੀਰ ਸਰੋਤ, Ravinder Singh Robin/BBC
ਜ਼ਿਲ੍ਹਾ ਗੁਰਦਾਸਪੁਰ ਅਤੇ ਜਲੰਧਰ 'ਚ ਨਿੱਜੀ ਸਕੂਲਾਂ ਵੱਲੋਂ ਛੁੱਟੀ ਕਰ ਦਿੱਤੀ ਗਈ ਹੈ।
ਪੰਜਾਬ ਬੰਦ ਦੇ ਸੱਦੇ 'ਤੇ ਪਠਾਨਕੋਟ ਵਿੱਚ ਪੁਲਿਸ ਨੇ ਵੱਖ-ਵੱਖ ਜਥੇਬੰਦੀਆਂ ਨੂੰ ਇਕੱਠੇ ਹੋਣ ਤੋਂ ਰੋਕਿਆ ਅਤੇ ਜਥੇਬੰਦੀਆਂ ਦੇ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਹੈ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪੁਲਿਸ ਨੇ ਉਨ੍ਹਾਂ ਨੂੰ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਤੋਂ ਵੀ ਰੋਕਿਆ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਵੀ ਆਵਾਜ਼ ਬੁਲੰਦ ਨਹੀਂ ਕਰਨ ਦਿੱਤੀ ਜਾ ਰਹੀ।

ਤਸਵੀਰ ਸਰੋਤ, Gurpreet Singh/BBC
ਇਸ ਤੋਂ ਇਲਾਵਾ, ਭੀਖੀ, ਸੁਨਾਮ, ਧੂਰੀ ਵਿੱਚ ਦੁਕਾਨਾਂ ਦੇ ਸ਼ਟਰ ਬੰਦ ਨਜ਼ਰ ਆਏ। ਬਰਨਾਲਾ ਵਿੱਚ ਵੀ ਪੂਰਾ ਬਾਜ਼ਾਰ ਮੁਕੰਮਲ ਤੌਰ ਤੇ ਬੰਦ ਕਰ ਦਿੱਤਾ ਗਿਆ ਹੈ।
ਬੰਦ ਦੇ ਸੱਦੇ ਦਾ ਬਠਿੰਡਾ ਵਿੱਚ ਅਸਰ ਦੇਖਣ ਨੂੰ ਮਿਲਿਆ। ਇੱਥੇ ਮੁੱਖ ਬਾਜ਼ਾਰਾਂ ਵਿੱਚ ਦੁਕਾਨਾਂ ਬੰਦ ਰਹੀਆਂ ਅਤੇ ਨਿੱਜੀ ਸਕੂਲਾਂ ਵਿੱਚ ਛੁੱਟੀ ਕੀਤੀ ਗਈ ਹੈ।
ਕਿੱਥੇ-ਕਿਥੇ ਹਾਈਵੇਅ ਤੇ ਸੜਕਾਂ ਜਾਮ

ਤਸਵੀਰ ਸਰੋਤ, Pradeep Sharma/BBC
ਭੀਖੀ, ਮਾਨਸਾ ਵਿਖੇ ਪ੍ਰਦਰਸ਼ਨਕਾਰੀਆਂ ਵੱਲੋਂ ਸੁਨਾਮ-ਮਾਨਸਾ ਨੈਸ਼ਨਲ ਹਾਈਵੇਅ ਬੰਦ ਕਰ ਦਿੱਤਾ ਗਿਆ ਹੈ।
ਸੰਗਰੂਰ 'ਚ ਵੀ ਮਸਤੂਆਣਾ ਸਾਹਿਬ ਗੁਰਦੁਆਰੇ ਕੋਲ ਵੱਡੀ ਗਿਣਤੀ 'ਚ ਲੋਕਾਂ ਨੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ 7 ਜਾਮ ਕਰ ਦਿੱਤਾ ਹੈ। ਗੁਰਦੁਆਰਾ ਮਸਤੂਆਣਾ ਸਾਹਿਬ ਦੇ ਨੇੜੇ ਸਰਵਿਸ ਰੋਡ ਉੱਪਰ ਵੀ ਲੋਕਾਂ ਨੇ ਬੈਰੀਕੇਡਸ ਲਗਾ ਦਿੱਤੇ ਹਨ।

ਤਸਵੀਰ ਸਰੋਤ, Kulveer Singh/BBC
ਚੀਮਾ ਮੰਡੀ ਵਿਖੇ ਨੈਸ਼ਨਲ ਹਾਈਵੇਅ ਜਾਮ ਕੀਤੇ ਜਾਣ ਕਰਕੇ ਟਰੈਫਿਕ ਮੁਕੰਮਲ ਤੌਰ 'ਤੇ ਬੰਦ ਹੈ। ਇੱਥੇ ਨੈਸ਼ਨਲ ਹਾਈਵੇਅ ਦੇ ਨਾਲ ਨਾਲ ਪਿੰਡਾਂ ਵੱਲ ਜਾਣ ਵਾਲੇ ਰਸਤੇ ਵੀ ਬੰਦ ਕੀਤੇ ਗਏ ਹਨ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਪੰਜਾਬ ਬੰਦ ਨੂੰ ਲੈ ਕੇ ਸਾਡੇ ਵੱਲੋਂ ਅੱਜ ਸ਼ਾਮ ਤੱਕ ਨੈਸ਼ਨਲ ਹਾਈਵੇਅ ਜਾਮ ਕੀਤਾ ਜਾਵੇਗਾ ਅਤੇ ਇਸ ਦੌਰਾਨ ਨਾ ਕਿਸੇ ਨੂੰ ਆਉਣ ਦਿੱਤਾ ਜਾਵੇਗਾ ਨਾ ਕਿਸੇ ਨੂੰ ਜਾਣ ਦਿੱਤਾ ਜਾਵੇਗਾ।

ਤਸਵੀਰ ਸਰੋਤ, Charanjeev Kaushal/BBC
ਕੋਟ ਸ਼ਮੀਰ ਪਿੰਡ ਨੇੜੇ ਸੁਨਾਮ-ਬਠਿੰਡਾ ਸੜਕ ਵੀ ਲੋਕਾਂ ਵੱਲੋਂ ਜਾਮ ਕਰ ਦਿੱਤੀ ਹੈ।
ਜਦਕਿ, ਜਲੰਧਰ ਮੋਗਾ ਰਾਜ ਮਾਰਗ ਤੇ ਨਕੋਦਰ ਦੇ ਕੋਲ ਜਾਮ ਲਗਾਇਆ ਗਿਆ ਹੈ।
ਸਿਆਸੀ ਪਾਰਟੀਆਂ ਦਾ ਵੀ ਬੰਦ ਨੂੰ ਸਮਰਥਨ

ਪੰਜਾਬ ਦੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਬੰਦ ਬਾਰੇ ਸਮਰਥਨ ਦਿੰਦਿਆਂ ਆਪਣੇ ਐਕਸ ਹੈਂਡਲ 'ਤੇ ਲਿਖਿਆ, "ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦਾ ਕਤਲ ਬੇਹੱਦ ਦੁਖਦਾਈ ਘਟਨਾ ਹੈ। ਭਾਰਤੀ ਜਨਤਾ ਪਾਰਟੀ ਇਨਸਾਫ਼ ਦਿਵਾਉਣ ਲਈ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਪਰਿਵਾਰ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਦਾ ਪੂਰਾ ਸਮਰਥਨ ਕਰਦੀ ਹੈ।"
ਨਾਲ ਹੀ ਉਨ੍ਹਾਂ ਇਹ ਵੀ ਲਿਖਿਆ ਕਿ 'ਆਪ' ਸਰਕਾਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਬਹਾਲ ਰੱਖਣ 'ਚ ਨਾਕਮਯਾਬ ਰਹੀ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਚਿੱਠੀ ਲਿੱਖ ਕੇ ਸਮੂਹ ਜ਼ਿਲ੍ਹਾ ਕਾਂਗਰਸ ਕਮੇਟੀਆਂ ਨੂੰ 15 ਅਕਤੂਬਰ 2026, ਵੀਰਵਾਰ ਨੂੰ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ ਦੇਣ ਦੀ ਅਪੀਲ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਵੀ ਬੰਦ ਦੇ ਸਮਰਥਨ ਦਾ ਐਲਾਨ ਕੀਤਾ ਹੈ।
ਮਾਮਲੇ ਵਿੱਚ ਹੁਣ ਤੱਕ ਹੋਰ ਕੀ ਕੁਝ ਹੋਇਆ?

ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਅਤੇ ਸਮਰਥਕ ਮਾਨਸਾ ਵਿੱਚ ਧਰਨੇ 'ਤੇ ਬੈਠ ਗਏ ਹਨ ਅਤੇ ਮੰਗਾਂ ਨਾ ਮੰਨੇ ਜਾਣ ਤੱਕ ਧਰਨਾ ਲਾਈ ਰੱਖਣ ਦਾ ਐਲਾਨ ਕੀਤਾ ਹੈ।
ਮਾਨਸਾ ਦੇ ਸਿਵਲ ਹਸਪਤਾਲ ਵਿੱਚ ਅਤੇ ਤਿੰਨਕੋਣੀ ਚੌਂਕ, ਦੋ ਥਾਂਵਾਂ 'ਤੇ ਧਰਨਾ ਲੱਗਿਆ ਹੋਇਆ ਹੈ।
ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਮਾਨਸਾ ਦੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਰੱਖੀ ਗਈ ਹੈ।
ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਵੀ ਦਿੱਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸਮੇਤ ਕਈ ਜਥੇਬੰਦੀਆਂ ਨੇ ਇਸ ਬੰਦ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਬੀਤੇ ਦਿਨੀਂ, ਗੁੱਸੇ ਵਿੱਚ ਆਏ ਲੋਕਾਂ ਨੇ ਮੁਲਜ਼ਮ ਅਸ਼ਵਨੀ ਕੁਮਾਰ ਦੇ ਮੈਡੀਕਲ ਸਟੋਰ ਨੂੰ ਅੱਗ ਲਗਾ ਦਿੱਤੀ।
ਇਸ ਤੋਂ ਇਲਾਵਾ, ਪ੍ਰਸ਼ਾਸਨ ਵੱਲੋਂ ਗੈਰ-ਕਾਨੂੰਨੀ ਉਸਾਰੀ ਦੇ ਆਧਾਰ 'ਤੇ ਮੁਲਜ਼ਮ ਦੇ ਘਰ 'ਤੇ ਬੋਲਡੋਜ਼ਰ ਕਾਰਵਾਈ ਵੀ ਕੀਤੀ ਗਈ।
ਪਰਿਵਾਰ ਦੀਆਂ ਕੀ ਹਨ ਮੰਗਾਂ?

ਤਸਵੀਰ ਸਰੋਤ, Kulveer Singh/BBC
ਮ੍ਰਿਤਕ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਘਟਨਾ ਤੋਂ ਬਾਅਦ ਰੋਸ ਜ਼ਾਹਿਰ ਕਰਦਿਆਂ 'ਅਸਫਲ' ਪੰਜਾਬ ਸਰਕਾਰ ਦੀ ਬਰਖ਼ਾਸਤਗੀ ਦੀ ਮੰਗ ਕੀਤੀ ਹੈ ਅਤੇ ਮੰਗਾਂ ਨਾ ਮੰਨੇ ਜਾਣ ਤੱਕ ਸਸਕਾਰ ਤੋਂ ਇਨਕਾਰ ਕੀਤਾ ਹੈ। ਜਾਣਕਾਰੀ ਮੁਤਾਬਕ, ਪਰਿਵਾਰ ਦੀਆਂ ਮੰਗਾਂ ਇਹ ਹਨ:
- ਕਤਲ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇ
- ਮੁੱਖ ਮੰਤਰੀ ਅਤੇ ਪੰਜਾਬ ਪੁਲਿਸ ਦੇ ਡੀਜੀਪੀ ਨੂੰ ਮੁਅੱਤਲ ਕੀਤਾ ਜਾਵੇ
- ਡਾਕਟਰਾਂ ਦਾ ਪੈਨਲ ਬਣਾ ਕੇ ਪੀਜੀਆਈ ਤੋਂ ਪੋਸਟਮਾਰਟਮ ਕਰਵਾਇਆ ਜਾਵੇ
- ਜ਼ਿਲ੍ਹੇ ਦੇ ਕਈ ਪੁਲਿਸ ਅਧਿਕਾਰੀਆਂ ਅਤੇ ਸਿਹਤ ਵਿਭਾਗ ਦੀ ਟੀਮ ਨੂੰ ਬਰਖਾਸਤ ਕੀਤਾ ਜਾਵੇ
- ਪਰੀ-ਗੈਬਲਿਨ ਯਾਨੀ ਸਿਗਨੇਚਰ ਕੈਪਸੂਲ ਨੂੰ ਐੱਨਡੀਪੀਐੱਸ ਦੇ ਅਧੀਨ ਲਿਆਂਦਾ ਜਾਵੇ
ਮੰਗਾਂ ਨਾ ਮੰਨੇ ਜਾਣ ਤੱਕ ਮਾਨਸਾ ਵਿੱਚ ਲੱਗਿਆ ਧਰਨਾ ਜਾਰੀ ਰੱਖਣ ਦੀ ਗੱਲ ਕਹੀ ਗਈ ਹੈ।
ਕਿਵੇਂ ਹੋਇਆ ਪਰਵਿੰਦਰ ਸਿੰਘ ਝੋਟਾ ਦਾ ਕਤਲ?

ਤਸਵੀਰ ਸਰੋਤ, Parvinder singh jhota / fb
ਮੰਗਲਵਾਰ ਨੂੰ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਜਿਸ ਵਿੱਚ ਪਰਵਿੰਦਰ ਸਿੰਘ ਝੋਟਾ ਅਤੇ ਇੱਕ ਮੈਡੀਕਲ ਸਟੋਰ ਦੇ ਮਾਲਿਕ ਦੀ ਮੈਡੀਕਲ ਸਟੋਰ ਅੰਦਰ ਨਸ਼ਾ ਵੇਚਣ ਦੇ ਇਲਜ਼ਾਮ ਬਾਰੇ ਬਹਿਸ ਹੋ ਰਹੀ ਹੈ।
ਵੀਡੀਓ ਵਿੱਚ ਪਰਵਿੰਦਰ ਸਿੰਘ ਝੋਟਾ ਮੈਡੀਕਲ ਸਟੋਰ ਦੇ ਮਾਲਿਕ ਅਸ਼ਵਨੀ ਨਾਮ ਦੇ ਵਿਅਕਤੀ ਖਿਲਾਫ਼ ਪੁਲਿਸ ਨੂੰ ਫੋਨ ਕਰਨ ਦੀ ਗੱਲ ਕਹਿ ਰਹੇ ਹਨ।
ਵੀਡੀਓ ਵਿੱਚ ਅਸ਼ਵਨੀ ਕੋਲ ਪਿਸਤੌਲ ਹੋਣ ਦੀ ਗੱਲ ਵੀ ਕਹੀ ਜਾ ਰਹੀ ਹੈ ਜਿਸ ਵਿੱਚ ਝੋਟਾ, ਦੁਕਾਨ ਮਾਲਿਕ ਨੂੰ ਪਿਸਤੌਲ ਨਾਲ ਫਾਇਰ ਕਰਨ ਲਈ ਲਲਕਾਰਦੇ ਵੀ ਸੁਣਾਈ ਦੇ ਰਹੇ ਹਨ।
ਕੁਝ ਸਮੇਂ ਬਾਅਦ ਫਾਇਰ ਹੁੰਦਾ ਹੈ ਜੋ ਕਿ ਪਰਮਿੰਦਰ ਸਿੰਘ ਝੋਟਾ ਨੂੰ ਲੱਗਦਾ ਹੈ। ਉਹ ਮੈਡੀਕਲ ਸਟੋਰ ਤੋਂ ਬਾਹਰ ਹੋ ਕੇ ਕਿਸੇ ਹੋਰ ਦੁਕਾਨ ਵਿੱਚ ਲੁਕਣ ਲਈ ਜਾਂਦੇ ਹਨ। ਇੱਕ ਹੋਰ ਵੀਡੀਓ ਵਿਚ ਦਿਖਾਈ ਦਿੰਦਾ ਹੈ ਕਿ ਅਸ਼ਵਨੀ ਨਾਮ ਦਾ ਵਿਅਕਤੀ ਹੱਥ ਵਿੱਚ ਪਿਸਤੌਲ ਲੈ ਕੇ ਬਜ਼ਾਰ ਵਿੱਚ ਪਿੱਛੇ ਜਾਂਦਾ ਹੈ। ਇੱਕ ਹੋਰ ਫਾਇਰ ਹੋਣ ਦੀ ਅਵਾਜ਼ ਇਸ ਵੀਡੀਓ ਵਿਚ ਸੁਣਾਈ ਦਿੰਦੀ ਹੈ ਅਤੇ ਫਿਰ ਉਹ ਸ਼ਖਸ ਪਿਸਤੌਲ ਲੈ ਕੇ ਵਾਪਸ ਸਟੋਰ ਵੱਲ ਮੁੜ ਜਾਂਦਾ ਹੈ।
ਜਾਣਕਾਰੀ ਮੁਤਾਬਕ, ਜ਼ਖਮੀ ਹਾਲਤ ਵਿਚ ਪਰਮਿੰਦਰ ਸਿੰਘ ਝੋਟਾ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ। ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਦੱਸ ਦੇਈਏ ਕਿ ਪਰਵਿੰਦਰ ਸਿੰਘ ਝੋਟਾ ਦੱਖਣੀ ਪੰਜਾਬ ਦੇ ਸ਼ਹਿਰ ਮਾਨਸਾ ਦਾ ਰਹਿਣ ਵਾਲੇ ਸਨ। ਉਹ ਫ਼ਰੀ ਸਟਾਈਲ ਕਬੱਡੀ ਖਿਡਾਰੀ ਵੀ ਰਹੇ।
ਉਹ 'ਐਂਟੀ ਡਰੱਗ ਟਾਸਕ ਫੋਰਸ' ਬਣਾਉਣ ਨਾਲ ਕੁਝ ਸਾਲ ਪਹਿਲਾਂ ਚਰਚਾ ਵਿਚ ਆਏ ਸਨ, ਜਦੋਂ ਆਪਣਾ ਸੰਗਠਨ ਬਣਾ ਕੇ ਕਥਿਤ ਨਸ਼ਾ ਵੇਚਣ ਵਾਲਿਆਂ ਨੂੰ ਪੁਲਿਸ ਹਵਾਲੇ ਕਰਨਾ ਸ਼ੁਰੂ ਕੀਤਾ ਸੀ। ਉਨ੍ਹਾਂ ਦੇ ਖ਼ਿਲਾਫ਼ ਕਈ ਮਾਮਲੇ ਵੀ ਦਰਜ ਕੀਤੇ ਗਏ ਸਨ ਤੇ ਸਜ਼ਾ ਵੀ ਦਿੱਤੀ ਜਾ ਚੁੱਕੀ ਹੈ। ਪਰ ਨਾਲ ਹੀ ਕਈ ਮਾਮਲਿਆਂ ਵਿਚ ਉਸ ਨੂੰ ਬਰੀ ਵੀ ਕੀਤਾ ਗਿਆ ਸੀ।
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ































