ਨਾਂਦੇੜ ਵਿੱਚ ਸੁਖਬੀਰ ਬਾਦਲ 'ਤੇ ਹਮਲਾ, ਜ਼ਖ਼ਮੀ ਹਾਲਤ ’ਚ ਹਸਪਤਾਲ ’ਚ ਭਰਤੀ, ਜਾਣੋ ਹੁਣ ਤੱਕ ਕੀ-ਕੀ ਪਤਾ ਹੈ

ਸੁਖਬੀਰ ਬਾਦਲ
ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 3 ਮਿੰਟ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਨਾਂਦੇੜ ਵਿੱਚ ਹਮਲਾ ਹੋਇਆ ਹੈ। ਬੀਬੀਸੀ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਮੁਤਾਬਕ ਸੁਖਬੀਰ ਸਿੰਘ ਬਾਦਲ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਪਹੁੰਚਾਇਆ ਗਿਆ ਹੈ।

ਬੀਬੀਸੀ ਪੱਤਰਕਾਰ ਸ਼੍ਰੀਕਾਂਤ ਬੰਗਾੜੇ ਦੀ ਰਿਪੋਰਟ ਮੁਤਾਬਕ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ 'ਤੇ ਪੰਜਾਬ ਤੋਂ ਨਾਂਦੇੜ ਪਹੁੰਚਣ ਤੋਂ ਬਾਅਦ ਮਾਤਾ ਸਾਹਿਬ ਕੌਰ ਗੁਰਦੁਆਰਾ ਨੇੜੇ ਹਮਲਾ ਹੋਇਆ ਹੈ।

ਬੀਬੀਸੀ ਮਰਾਠੀ ਮੁਤਾਬਕ ਇਹ ਘਟਨਾ ਸਵੇਰੇ ਕਰੀਬ 11 ਵਜੇ ਵਾਪਰੀ, ਜਿਸ ਤੋਂ ਬਾਅਦ ਸੁਖਬੀਰ ਬਾਦਲ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਦੀ ਸੁਰੱਖਿਆ ਵਿੱਚ ਤੈਨਾਤ ਇੰਸਪੈਕਟਰ ਸੰਤੋਸ਼ ਕੇਂਦਰੇ 'ਤੇ ਵੀ ਹਮਲਾ ਹੋਇਆ ਅਤੇ ਉਹ ਜ਼ਖ਼ਮੀ ਹੋ ਗਏ। ਪੁਲਿਸ ਨੇ ਹਮਲੇ ਦੇ ਇੱਕ ਕਥਿਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਨਾਂਦੇੜ ਦੇ ਪੁਲਿਸ ਸੁਪਰੀਡੈਂਟ ਤੋਂ ਘਟਨਾ ਸਬੰਧੀ ਜਾਣਕਾਰੀ ਲਈ ਹੈ। ਮੁਲਜ਼ਮ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮੁੱਖ ਮੰਤਰੀ ਨੇ ਹਮਲੇ ਦੇ ਪਿੱਛੇ ਮਕਸਦ ਦੀ ਜਾਂਚ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਮੁਤਾਬਕ ਸੁਖਬੀਰ ਸਿੰਘ ਬਾਦਲ ਦੀ ਹਾਲਤ ਸਥਿਰ ਅਤੇ ਠੀਕ ਦੱਸੀ ਜਾ ਰਹੀ ਹੈ।

ਦਰਅਸਲ, ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਨਾਂਦੇੜ ਦੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਹ ਖ਼ਬਰ ਲਗਾਤਾਰ ਅਪਡੇਟ ਕਰ ਰਹੇ ਹਾਂ।

ਸ਼੍ਰੋਮਣੀ ਅਕਾਲੀ ਦਲ ਨੇ ਹਮਲੇ ਬਾਰੇ ਕੀ ਕਿਹਾ

ਅਰਸ਼ਦੀਪ ਕਲੇਰ

ਤਸਵੀਰ ਸਰੋਤ, SAD

ਤਸਵੀਰ ਕੈਪਸ਼ਨ, ਅਰਸ਼ਦੀਪ ਕਲੇਰ ਨੇ ਦੱਸਿਆ ਕਿ ਸੁਖਬੀਰ ਬਾਦਲ ਨੂੰ ਮਾਮੂਲੀ ਸੱਟ ਲੱਗੀ ਹੈ

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ, "ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਸਾਹਿਬ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਦੇ ਲਈ ਪਹੁੰਚੇ। ਜਦੋਂ ਮੱਥਾ ਟੇਕ ਕੇ ਬਾਹਰ ਨਿਕਲ ਰਹੇ ਸਨ ਤਾਂ ਇੱਕ ਸ਼ਖ਼ਸ, ਜੋ ਨਿਹੰਗੀ ਬਾਣੇ ਦੇ ਵਿੱਚ ਸੀ, ਉਸ ਨੇ ਸਰਦਾਰ ਸੁਖਬੀਰ ਸਿੰਘ ਬਾਦਲ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਜਿਸ ਸ਼ਖ਼ਸ ਨੂੰ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਵਿੱਚ ਤੈਨਾਤ ਕਰਮਚਾਰੀਆਂ ਨੇ ਰੋਕਿਆ।"

"ਪਰ ਇਸ ਹਮਲੇ ਦੇ ਦੌਰਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਬਾਂਹ ਦੇ ਉੱਤੇ ਮਾਮੂਲੀ ਸੱਟ ਵੱਜੀ ਹੈ। ਉਹ ਹਸਪਤਾਲ ਦੇ ਵਿੱਚ ਇਲਾਜ ਅਧੀਨ ਹਨ ਅਤੇ ਉਨ੍ਹਾਂ ਦੀ ਡ੍ਰੈਸਿੰਗ ਹੋ ਰਹੀ ਹੈ। ਪਰ ਮੈਂ ਦੱਸਣਾ ਚਾਹੁੰਦਾ ਹਾਂ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਪੂਰੀ ਤਰ੍ਹਾਂ ਸਿਹਤਯਾਬ ਹਨ, ਚੜ੍ਹਦੀ ਕਲਾ ਦੇ ਵਿੱਚ ਹਨ। ਸੋ ਜਿਹੜੀਆਂ ਅਫਵਾਹਾਂ ਇਸ ਨੂੰ ਲੈ ਕੇ ਫੈਲਾਈਆਂ ਜਾ ਰਹੀਆਂ ਹਨ, ਹਮਲੇ ਨੂੰ ਲੈ ਕੇ, ਉਸ ਦੇ ਲਈ ਮੈਂ ਸਪਸ਼ਟ ਤੌਰ 'ਤੇ ਕਹਿਣਾ ਚਾਹੁੰਦਾ ਹਾਂ ਕਿ ਉਹ ਪੂਰੀ ਤਰ੍ਹਾਂ ਸਿਹਤਮੰਦ ਤੇ ਚੜ੍ਹਦੀ ਕਲਾ ਦੇ ਵਿੱਚ ਹਨ।"

ਅਰਸ਼ਦੀਪ ਕਲੇਰ ਨੇ ਕਿਹਾ, "ਕਿਉਂਕਿ ਮਾਮਲਾ ਪੰਜਾਬ ਤੋਂ ਬਾਹਰ ਦਾ, ਮਹਾਰਾਸ਼ਟਰ ਦਾ ਹੈ। ਸੋ ਮਹਾਰਾਸ਼ਟਰ ਦੀ ਪੁਲਿਸ ਇਹਦੇ ਵਿੱਚ ਜਾਂਚ ਕਰੇ ਕਿ ਉਹ ਸ਼ਖ਼ਸ ਕੌਣ ਹੈ, ਉਹ ਕਿਸ ਦੇ ਕਹਿਣ 'ਤੇ, ਕਿਹੜੀ ਸਾਜ਼ਿਸ਼ ਤਹਿਤ ਇਹ ਹਮਲਾ ਕੀਤਾ ਹੈ।"

ਇਸ ਤੋਂ ਪਹਿਲਾਂ ਦਰਬਾਰ ਸਾਹਿਬ ਵਿਖੇ ਵੀ ਹੋਈ ਸੀ ਹਮਲੇ ਦੀ ਕੋਸ਼ਿਸ਼

4 ਦਸੰਬਰ 2024 ਨੂੰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੀ ਦਰਸ਼ਨੀ ਡਿਊਢੀ ਦੇ ਬਾਹਰ ਸੁਖਬੀਰ ਸਿੰਘ ਬਾਦਲ 'ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਉਸ ਵੇਲੇ ਸੁਖਬੀਰ ਬਾਦਲ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਧਾਰਮਿਕ ਸਜ਼ਾ ਤਹਿਤ ਸੇਵਾ ਨਿਭਾ ਰਹੇ ਸਨ। ਉਨ੍ਹਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦੀ ਪਛਾਣ ਨਰਾਇਣ ਸਿੰਘ ਚੌੜਾ ਵਜੋਂ ਹੋਈ ਸੀ।

ਘਟਨਾ ਦੀ ਵੀਡੀਓ ਵਿੱਚ ਦਿਖਾਈ ਦਿੱਤਾ ਸੀ ਕਿ ਚੌੜਾ ਨੇ ਸੁਖਬੀਰ ਬਾਦਲ ਵੱਲ ਪਿਸਤੌਲ ਤਾਣ ਕੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਦੀ ਸੁਰੱਖਿਆ ਵਿੱਚ ਤਾਇਨਾਤ ਮੁਲਾਜ਼ਮਾਂ ਨੇ ਤੁਰੰਤ ਦਖ਼ਲ ਦੇ ਕੇ ਹਮਲਾ ਨਾਕਾਮ ਕਰ ਦਿੱਤਾ। ਉਸ ਵੇਲੇ ਪੁਲਿਸ ਨੇ ਵੀ ਕਿਹਾ ਸੀ ਕਿ ਸੁਰੱਖਿਆ ਮੁਲਾਜ਼ਮਾਂ ਦੀ ਮੁਸਤੈਦੀ ਕਾਰਨ ਸੁਖਬੀਰ ਬਾਦਲ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਅਤੇ ਹਮਲਾਵਰ ਨੂੰ ਕਾਬੂ ਕਰ ਲਿਆ ਗਿਆ ਸੀ।

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)